ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਾਸੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ। 54.76 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰਬਰਿੱਜ ਦੀ ਹੋਈ ਮਨਜ਼ੂਰੀ। ਆਵਾਜਾਈ ਹੋਵੇਗੀ ਸੁਗਮ, ਟ੍ਰੈਫਿਕ ਜਾਮ ਤੋਂ ਮਿਲੇਗਾ ਛੁਟਕਾਰਾ।
ਚੰਡੀਗੜ੍ਹ/ਧੂਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਇੱਕ ਹੋਰ ਵੱਡਾ ਵਿਕਾਸੀ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਸਾਬਕਾ ਟਵਿੱਟਰ) ‘ਤੇ ਇੱਕ ਪੋਸਟ ਰਾਹੀਂ ਇਹ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਕਿ ਧੂਰੀ ‘ਚ ਰੇਲਵੇ ਓਵਰਬਰਿੱਜ ਦੀ ਮਨਜ਼ੂਰੀ ਮਿਲ ਗਈ ਹੈ।
ਇਹ ਓਵਰਬਰਿੱਜ 54.76 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਪ੍ਰੋਜੈਕਟ ਧੂਰੀ ਦੇ ਲੋਕਾਂ ਦੀ ਲੰਮੀ ਸਮੇਂ ਤੋਂ ਚੱਲ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਰਹੀ ਹੈ।
CM ਮਾਨ ਨੇ ਲਿਖਿਆ:
”ਧੂਰੀ ਦੇ ਲੋਕਾਂ ਲਈ ਵੱਡੀ ਸੌਗ਼ਾਤ.. ਧੂਰੀ ‘ਚ ਰੇਲਵੇ ਓਵਰ-ਬਰਿੱਜ ਨੂੰ ਮਨਜ਼ੂਰੀ ਦੇ ਦਿੱਤੀ ਹੈ… 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਓਵਰ-ਬਰਿੱਜ ਨੂੰ ਤਹਿ ਸਮੇਂ ‘ਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ…”
ਮੁੱਖ ਮੰਤਰੀ ਨੇ ਕਿਹਾ ਕਿ ਓਵਰਬਰਿੱਜ ਬਣਨ ਨਾਲ ਨਾ ਸਿਰਫ ਆਵਾਜਾਈ ਸੁਗਮ ਹੋਏਗੀ, ਬਲਕਿ ਇਲਾਕੇ ਦੇ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਵੀ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਨਿਰਣੇ ਲਿਆ ਹੋਇਆ ਹੈ ਅਤੇ ਇਹ ਪ੍ਰੋਜੈਕਟ ਉਸ ਯਤਨ ਦੀ ਇੱਕ ਹੋਰ ਝਲਕ ਹੈ।

