ਹਿਮਾਚਲ ਵਿਚ ਬੱਦਲ ਫਟਣ ਤੇ ਲਗਾਤਾਰ ਮੀਂਹ ਕਾਰਨ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ। 5 ਜ਼ਿਲ੍ਹਿਆਂ ਵਿੱਚ ਹਾਈ ਅਲਰਟ, 172 ਐਂਬੂਲੈਂਸਾਂ ਤੇ 438 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ। ਸਤਲੁਜ-ਬਿਆਸ ਦਰਿਆਵਾਂ ਵਿੱਚ ਪਾਣੀ ਵਧਣ ਕਾਰਨ ਕਈ ਪਿੰਡ ਪ੍ਰਭਾਵਿਤ।
ਚੰਡੀਗੜ੍ਹ, 17 ਅਗਸਤ – ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਅਤੇ ਬੱਦਲ ਫਟਣ ਕਾਰਨ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਨਦੀਆਂ-ਨਾਲਿਆਂ ਵਿੱਚ ਪਾਣੀ ਦੇ ਪੱਧਰ ਵਧਣ ਮਗਰੋਂ ਸਿਹਤ ਵਿਭਾਗ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ — ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ — ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਸਿਹਤ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਕਾਰਵਾਈ ਲਈ ਵੱਡੀਆਂ ਤਿਆਰੀਆਂ ਕੀਤੀਆਂ ਹਨ। 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੇ ਮੈਡੀਕਲ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਐਮਰਜੈਂਸੀ ‘ਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ।
ਹੜ੍ਹ ਕਾਰਨ ਕੱਟੇ ਪਿੰਡਾਂ ਤੱਕ ਪਹੁੰਚਣ ਲਈ ਡੀਸੀ ਵੱਲੋਂ ਬੋਟ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 3 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਖ਼ਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਮੋਹਾਲੀ ਅਤੇ ਰੂਪਨਗਰ ਵਿੱਚ ਤੇਜ਼ ਗਰਜ-ਚਮਕ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦਰਿਆਵਾਂ ਵਿੱਚ ਪਾਣੀ ਦੇ ਪੱਧਰ ਵਧਣ ਨਾਲ ਹਰੀਕੇ ਹੈੱਡ ਤੋਂ ਹੇਠਲੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਰਾਜੀ ਸਭਰਾ, ਗੱਟਾ ਬਾਦਸ਼ਾਹ, ਆਲੇ ਵਾਲਾ, ਫੱਤੇ ਵਾਲਾ, ਕੁਤਬਦੀਨ ਵਾਲਾ, ਕਾਲੇ ਕੇ ਹਿੱਠਾੜ, ਬੰਡਾਲਾ, ਧੀਰਾ ਘਾਰਾ, ਨਿਹਾਲਾ ਲਵੇਰਾ, ਟੱਲੀ ਗੁਲਾਮ, ਰੱਤੋ ਕੀਆ ਬਹਿਕਾਂ, ਮੁੱਠਿਆਂ ਵਾਲਾ ਸਮੇਤ ਕਈ ਪਿੰਡ ਪਾਣੀ ਹੇਠ ਆ ਗਏ ਹਨ।
ਇਨ੍ਹਾਂ ਇਲਾਕਿਆਂ ਵਿੱਚ ਸੈਂਕੜੇ ਏਕੜ ਝੋਨੇ ਦੀ ਫ਼ਸਲ, ਸਬਜ਼ੀਆਂ ਅਤੇ ਪਸ਼ੂਆਂ ਦਾ ਚਾਰਾ ਪਾਣੀ ਵਿੱਚ ਡੁੱਬ ਗਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਮਾਲੀ ਨੁਕਸਾਨ ਹੋਣ ਦਾ ਖਦਰਾ ਹੈ।

